- 1 ਭੀੜ ਨੂੰ ਵੇਖ ਕੇ ਉਹ ਪਹਾੜ ਉੱਤੇ ਚੜ੍ਹ ਗਿਆ ਅਰ ਜਦ ਬੈਠਾ ਤਦ ਉਹ ਦੇ ਚੇਲੇ ਉਹ ਦੇ ਕੋਲ ਆਏ।
- 2 ਅਤੇ ਉਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਨ੍ਹਾਂ ਨੂੰ ਇਹ ਉਪਦੇਸ਼ ਦੇਣ ਲੱਗਾ—
- 3 ਧੰਨ ਓਹ ਜਿਹੜੇ ਦਿਲ ਦੇ ਗ਼ਰੀਬ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।
- 4 ਧੰਨ ਓਹ ਜਿਹੜੇ ਸੋਗ ਕਰਦੇ ਹਨ ਕਿਉਂ ਜੋ ਓਹ ਸ਼ਾਂਤ ਕੀਤੇ ਜਾਣਗੇ।
- 5 ਧੰਨ ਓਹ ਜਿਹੜੇ ਹਲੀਮ ਹਨ ਕਿਉਂ ਜੋ ਓੁਹ ਧਰਤੀ ਦੇ ਵਾਰਸ ਹੋਣਗੇ।
- 6 ਧੰਨ ਓਹ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂ ਜੋ ਓਹ ਰਜਾਏ ਜਾਣਗੇ।
- 7 ਧੰਨ ਓਹ ਜਿਹੜੇ ਦਯਾਵਾਨ ਹਨ ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
- 8 ਧੰਨ ਓਹ ਜਿਹੜੇ ਸ਼ੁੱਧਮਨ ਹਨ ਕਿਉਂ ਜੋ ਓੁਹ ਪਰਮੇਸ਼ੁਰ ਨੂੰ ਵੇਖਣਗੇ।
- 9 ਧੰਨ ਓਹ ਜਿਹੜੇ ਮੇਲ ਕਰਾਉਣ ਵਾਲੇ ਹਨ ਕਿਉਂ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਕਹਾਉਣਗੇ।
- 10 ਧੰਨ ਓਹ ਜਿਹੜੇ ਧਰਮ ਦੇ ਕਾਰਨ ਸਤਾਏ ਗਏ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।
- 11 ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ।
- 12 ਅਨੰਦ ਹੋਵੋ ਅਤੇ ਖ਼ੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।
- 13 ਤੁਸੀਂ ਧਰਤੀ ਦੇ ਲੂਣ ਹੋ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਸ ਬਿਧ ਸਲੂਣਾ ਕੀਤਾ ਜਾਵੇਗਾ ? ਉਹ ਫੇਰ ਕਿਸੇ ਕੰਮ ਦਾ ਨਹੀਂ ਪਰ ਇਹ ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
- 14 ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਗੁੱਝਾ ਨਹੀਂ ਰਹਿ ਸੱਕਦਾ।
- 15 ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ।
- 16 ਇਸੇ ਤਰਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।
- 17 ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ।
- 18 ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ।
- 19 ਸੋ ਜੇ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ।
- 20 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ।
- 21 ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ, ਤੂੰ ਖੂਨ ਨਾ ਕਰ ਅਤੇ ਜੇ ਕੋਈ ਖੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ।
- 22 ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ ਮੂਰਖਾ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ।
- 23 ਸੋ ਜੇ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਰ ਉੱਥੇ ਤੈਨੂੰ ਚੇਤੇ ਆਵੇ ਜੋ ਮੈਂ ਆਪਣੇ ਭਰਾ ਨਾਲ ਖੋਟ ਕਮਾਇਆ ਹੈ।
- 24 ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾਹ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ। ਪਿੱਛੋਂ ਆਣ ਕੇ ਆਪਣੀ ਭੇਟ ਚੜ੍ਹਾ।
- 25 ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
- 26 ਮੈਂ ਤੈਨੂੰ ਸਤ ਆਖਦਾ ਹਾਂ ਭਈ ਜਿੰਨਾ ਚਿਰ ਤੂੰ ਕੌਡੀ ਕੌਡੀ ਨਾ ਭਰ ਦੇਵੇਂ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ।
- 27 ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਭਈ ਤੂੰ ਜ਼ਨਾਹ ਨਾ ਕਰ।
- 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ।
- 29 ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
- 30 ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਜਾਵੇ।
- 31 ਅਤੇ ਇਹ ਵੀ ਕਿਹਾ ਗਿਆ ਸੀ ਭਈ ਜਿਹੜਾ ਆਪਣੀ ਤੀਵੀਂ ਨੂੰ ਤਿਆਗੇ ਉਹ ਉਸ ਨੂੰ ਤਿਆਗ ਪੱਤਰੀ ਲਿਖ ਦੇਵੇ।
- 32 ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੇ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।
- 33 ਫੇਰ ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ ਭਈ ਤੂੰ ਝੂਠੀ ਸੌਂਹ ਨਾ ਖਾਹ ਪਰ ਪ੍ਰਭੁ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰ।
- 34 ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਕਦੇ ਵੀ ਸੌਂਹ ਨਾ ਖਾਣੀ, ਨਾ ਅਕਾਸ਼ ਦੀ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।
- 35 ਅਤੇ ਨਾ ਧਰਤੀ ਦੀ ਇਸ ਲਈ ਜੋ ਉਹ ਉਸ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਇਸ ਲਈ ਜੋ ਉਹ ਮਹਾਰਾਜ ਦਾ ਸ਼ਹਿਰ ਹੈ।
- 36 ਅਤੇ ਨਾ ਆਪਣੇ ਸਿਰ ਦੀ ਸੌਂਹ ਖਾਹ ਕਿਉਂ ਜੋ ਤੂੰ ਇੱਕ ਵਾਲ ਨੂੰ ਧੌਲਾ ਯਾ ਕਾਲਾ ਨਹੀਂ ਕਰ ਸੱਕਦਾ।
- 37 ਪਰ ਤੁਹਾਡੇ ਬੋਲਣ ਵਿੱਚ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਅਰ ਜੋ ਇਨ੍ਹਾਂ ਤੋਂ ਵੱਧ ਹੈ ਸੋ ਬਦੀ ਤੋਂ ਹੁੰਦਾ ਹੈ।
- 38 ਤੁਸਾਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।
- 39 ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਭੁਆ ਦਿਹ।
- 40 ਅਤੇ ਜਿਹੜਾ ਤੇਰੇ ਉੱਤੇ ਨਾਲਸ਼ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚਾਦਰ ਵੀ ਲੈਣ ਦਿਹ।
- 41 ਅਤੇ ਜੇ ਕੋਈ ਤੈਨੂੰ ਇੱਕ ਕੋਹ ਵਿਗਾਰੇ ਲੈ ਜਾਵੇ ਤਾਂ ਉਹ ਦੇ ਨਾਲ ਦੋ ਕੋਹ ਚੱਲਿਆ ਜਾਹ।
- 42 ਜਿਹੜਾ ਤੈਥੋਂ ਮੰਗੇ ਉਹ ਨੂੰ ਦਿਹ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਉਸ ਤੋਂ ਮੂੰਹ ਨਾ ਮੋੜ।
- 43 ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।
- 44 ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
- 45 ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੋ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜ੍ਹਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
- 46 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਫਲ ਹੈ ?ਭਲਾ, ਮਸੂਲੀਏ ਭੀ ਇਹੋ ਨਹੀਂ ਕਰਦੇ?
- 47 ਅਤੇ ਜੇਕਰ ਤੁਸੀਂ ਨਿਰਾ ਆਪਣੇ ਭਾਈਆਂ ਨੂੰ ਪਰਨਾਮ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਭਲਾ, ਪਰਾਈ ਕੌਮ ਦੇ ਲੋਕ ਭੀ ਇਹੋ ਨਹੀਂ ਕਰਦੇ? 48 ਸੋ ਜਿਵੇਂ ਤੁਹਾਡਾ ਸੁਰਗੀ ਪਿਤਾ ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।
Matthew 05
- Details
- Parent Category: New Testament
- Category: Matthew
ਮੱਤੀ ਕਾਂਡ 5